ਸੰਗਰੂਰ, 30 ਅਕਤੂਬਰ:
ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ, ਲੇਖ ਅਤੇ ਨਾਅਰੇ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆ ‘ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡਣ ਲਈ ਕਾਲਜ ਵਿਖੇ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਰਕਤ ਕੀਤੀ।
ਸਵੀਪ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆ ‘ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 1 ਜਨਵਰੀ 2019 ‘ਤੇ ਅਧਾਰਿਤ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਕਾਲਜ ਅਤੇ ਸਕੂਲ ਅੰਦਰ 18 ਸਾਲ ਪੂਰੀ ਕਰਨ ਵਾਲੇ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭੇਜੇ ਗਏ ਹਨ, ਤਾਂ ਕਿ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਬਣਾਉਣ ਦੇ ਅਧਿਕਾਰ ਤੋਂ ਵਾਂਝਾਂ ਨਾ ਰਹਿ ਜਾਵੇ।
ਸ੍ਰੀ ਥੋਰੀ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਅਤੇ ਸੂਬੇ ਦਾ ਉੱਜਵਲ ਭਵਿੱਖ ਹਨ, ਜਿਨ੍ਹਾਂ ਨੇ ਆਪਣੀ ਵਿਦਿਅਕ ਯੋਗਤਾ ਅਤੇ ਸੂਝ ਬੂਝ ਨਾਲ ਜਿੰਦਗੀ ਦੇ ਵੱਡੇ ਮੁਕਾਮ ਹਾਸਿਲ ਕਰਨੇ ਹੁੰਦੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵਿੱਦਿਆ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਰਾਜ ਅਤੇ ਜ਼ਿਲ੍ਹਾ ਪੱਧਰ ਤੇ ਹਰੇਕ ਗਤਿਵਿਧੀਆਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ। ਸ੍ਰੀ ਥੋਰੀ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਸਵਾਲਾਂ ਨੂੰ ਬਹੁਤ ਹੀ ਢੁੱਕਵੇ ਅਤੇ ਤੱਥਾਂ ‘ਤੇ ਅਧਾਰਤ ਜਵਾਬ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਆਪਣੇ ਸੰਬੋਧਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਸਵੀਪ ਮੁਕਾਬਲਿਆ ‘ਚ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆ।
ਇਸ ਮੌਕੇ ਸਹਾਇਕ ਕਮਿਸ਼ਨਰ ਇਨਾਇਤ, ਪ੍ਰਿੰਸੀਪਲ ਸਰਕਾਰੀ ਰਣਬੀਰ ਕਾਲਜ ਸੁਖਬੀਰ ਸਿੰਘ, ਪ੍ਰੋਫੈਸਰ ਕੁਲਦੀਪ ਕੁਮਾਰ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰੋਫੈਸਰ ਸਾਹਿਬਾਨ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।
