ਜਲੰਧਰ, 25 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਜਿਥੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚ ਸੁਚੱਜੇ ਖਰੀਦ ਪ੍ਰਬੰਧ ਕਰਨ ਨਿਰਦੇਸ਼ ਦਿੱਤੇ ਗਏ ਹਨ ਉਥੇ ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਸਮੁੱਚੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ, ਜਿਸ ਤਹਿਤ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਵੱਲੋਂ ਜ਼ਮੀਨੀ ਪੱਧਰ ‘ਤੇ ਮੰਡੀਆਂ ਵਿੱਚ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਐਸ.ਡੀ.ਐਮਜ਼ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਪੈਂਦੀਆਂ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ।
ਇਸੇ ਲੜੀ ਤਹਿਤ ਅੱਜ ਐਸ.ਡੀ.ਐਮ. ਫਿਲੌਰ ਡਾ. ਵਿਨੀਤ ਕੁਮਾਰ ਨੇ ਸਬ-ਡਵੀਜ਼ਨ ਫਿਲੌਰ ਦੀਆਂ ਅਨਾਜ ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਕੀਤੇ ਗਏ ਕਣਕ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਤਲਵਨ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਐਸ.ਡੀ.ਐਮ. ਨੇ ਗੱਲਬਾਤ ਕਰਦਿਆਂ ਕਿਹਾ ਕਿ ਸਬ-ਡਵੀਜ਼ਨ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਸਮੁੱਚੇ ਕੋਵਿਡ-19 ਪ੍ਰੋਟੋਕਾਲਜ਼ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਨੂੰ ਮਹਾਂਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਉਥੇ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਹੋਰਨਾਂ ਨੂੰ ਅਪੀਲ ਕੀਤੀ ਕਿ ਮਾਸਕ, ਸਮਾਜਿਕ ਦੂਰੀ ਅਤੇ ਹੋਰ ਕੋਵਿਡ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਤਾਂ ਜੋ ਮਹਾਂਮਾਰੀ ਤੋਂ ਬਚਾਅ ਹੋ ਸਕੇ।