Breaking News

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਵਿਕਾਸ ਯੋਜਨਾਵਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਵਿਕਾਸ ਯੋਜਨਾਵਾਂ
ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 23 ਦਸੰਬਰ:
ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਅਨਿਰੁੱਧ ਤਿਵਾੜੀ, ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਸੰਗਰੂਰ ਵਿੱਚ ਪੰਜਾਬ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਤੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਲਾਗੂ ਕਰਨ ਸਬੰਧੀ ਹੁਣ ਤੱਕ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਹਰ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਚਲਾਈਆਂ ਗਈਆਂ ਯੋਜਨਾਵਾਂ ਨੂੰ ਯੋਜਨਾਬੱਧ ਢੰਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਤੰਦਰੁਸਤ ਪੰਜਾਬ ਮਿਸ਼ਨ, ਡੇਪੋ, ਸੀਨੀਅਰ ਬੱਡੀ, ਕਿਸਾਨ ਕਰਜ਼ਾ ਰਾਹਤ ਯੋਜਨਾ, ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਸਮਾਰਟ ਰਾਸ਼ਨ ਕਾਰਡ, ਪੈਨਸ਼ਨਾਂ, ਘਰ ਘਰ ਰੋਜ਼ਗਾਰ, ਸਮਾਰਟ ਸਕੂਲ, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੀ.ਆਈ.ਡੀ.ਬੀ ਤਹਿਤ ਦਿਹਾਤੀ ਤੇ ਸ਼ਹਿਰ ਮਿਸ਼ਨ ਆਦਿ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਐਨ.ਡੀ.ਪੀ.ਐਸ ਤਹਿਤ 1 ਜਨਵਰੀ ਤੋਂ 15 ਦਸੰਬਰ ਤੱਕ 785 ਕੇਸ ਦਰਜ ਕਰਕੇ 1178 ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ ਵਿਦਿਆਰਥੀ ਵਰਗ ਨੂੰ ਨਸ਼ਿਆਂ ਦੀ ਗ੍ਰਿਫਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਕੂਲਾਂ ਤੇ ਕਾਲਜਾਂ ਵਿੱਚ 833 ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ। ਕਿਸਾਨ ਕਰਜ਼ਾ ਰਾਹਤ ਯੋਜਨਾ ਤਹਿਤ ਸਹਿਕਾਰੀ ਸੰਸਥਾਵਾਂ ਰਾਹੀਂ ਜ਼ਿਲ੍ਹੇ ਦੇ 46 ਹਜ਼ਾਰ 426 ਸੀਮਾਂਤ ਤੇ ਛੋਟੇ ਕਿਸਾਨਾਂ ਨੂੰ 233.29 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਜਦਕਿ ਕਮਰਸ਼ੀਅਲ ਬੈਂਕਾਂ ਰਾਹੀਂ 9199 ਸੀਮਾਂਤ ਤੇ ਛੋਟੇ ਕਿਸਾਨਾਂ ਦੇ 143.63 ਕਰੋੜ ਦੇ ਕਰਜ਼ੇ ਮੁਆਫ਼ ਹੋਏ।
ਸਮਾਜਿਕ ਸੁਰੱਖਿਆ ਅਧੀਨ ਕੀਤੇ ਕਾਰਜਾਂ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਧੀਨ 750 ਰੁਪਏ ਦੀ ਦਰ ਨਾਲ 117437 ਲਾਭਪਾਤਰੀਆਂ ਨੂੰ ਅਤੇ 30074 ਵਿਧਵਾ ਤੇ ਆਸ਼ਰਿਤ ਔਰਤਾਂ, 16874 ਦਿਵਿਆਂਗ ਲਾਭਪਾਤਰੀਆਂ ਤੇ 9624 ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨਿਰਧਾਰਿਤ ਟੀਚਿਆਂ ਵਿੱਚ ਜ਼ਿਲ੍ਹਾ ਸੰਗਰੂਰ 198.6 ਪ੍ਰਤੀਸ਼ਤ ਟੀਚਾ ਹਾਸਲ ਕਰਕੇ ਸਭ ਤੋਂ ਮੋਹਰੀ ਰਿਹਾ ਹੈ ਅਤੇ ਸਬੰਧਤ ਵਿਭਾਗ ਲਗਾਤਾਰ ਰੋਜ਼ਗਾਰ ਦਰ ਵਿੱਚ ਵਾਧਾ ਕਰਨ ਹਿਤ ਕਾਰਜਸ਼ੀਲ ਹੈ। ਇਸ ਮੌਕੇ ਪ੍ਰੋਜੈਕਟਰ ਦੀ ਮਦਦ ਨਾਲ ਵੱਖ ਵੱਖ ਵਿਭਾਗੀ ਗਤੀਵਿਧੀਆਂ ਦਰਸਾਈਆਂ ਗਈਆਂ ਤੇ ਅੰਕੜੇ ਪੇਸ਼ ਕੀਤੇ ਗਏ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ, ਐਸ.ਡੀ.ਐਮ ਧੂਰੀ ਸਤਵੰਤ ਸਿੰਘ, ਐਸ.ਡੀ.ਐਮ ਦਿੜ੍ਹਬਾ ਮਨਜੀਤ ਸਿੰਘ ਚੀਮਾ, ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਲਹਿਰਾ ਕਾਲਾ ਰਾਮ ਕਾਂਸਲ, ਓ.ਐਸ.ਡੀ ਦਲਜੀਤ ਸਿੰਘ, ਪੀ.ਏ ਦਰਬਾਰਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *