ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ’ਚ ਸੁਚਾਰੂ ਢੰਗ ਨਾਲ ਨਾਲ ਕੀਤੀ ਜਾ ਰਹੀ ਹੈ ਕਣਕ ਦੀ ਖਰੀਦ
ਕਿਹਾ ਕਣਕ ਦੀ ਖਰੀਦ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ
ਹੁਸ਼ਿਆਰਪੁਰ, 20 ਅਪ੍ਰੈਲ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਖਰੀਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ, ਉਥੇ ਸਬੰਧਤ ਅਧਿਕਾਰੀਆਂ ਨੂੰ 72 ਘੰਟੇ ਵਿੱਚ ਲਿਫਟਿੰਗ ਯਕੀਨੀ ਬਨਾਉਣ ਲਈ ਵੀ ਕਿਹਾ। ਉਨ੍ਹਾਂ ਮਾਰਕੀਟ ਕਮੇਟੀ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਿਰਪਾਲਾਂ ਦੇ ਸਟਾਕ ਨੂੰ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਰਸ਼ ਦੌਰਾਨ ਕਣਕ ਨੂੰ ਕਵਰ ਕਰਕੇ ਸੁਰੱਖਿਅਤ ਕੀਤਾ ਜਾ ਸਕੇ। ਉਨ੍ਰਾਂ ਕਿਹਾ ਕਿ ਕਣਕ ਦੀ ਖਰੀਦ ਪਾਸ ਸਿਸਟਮ ਰਾਹੀਂ ਕੀਤੀ ਜਾ ਰਹੀ ਹੈ ਅਤੇ ਮੰਡੀ ਬੋਰਡ ਵਲੋਂ ਕਣਕ ਲਿਆਉਣ ਵਾਲੀਆਂ ਟਰਾਲੀਆਂ ਦੇ ਪਾਸ ਜਨਰੇਟ ਕੀਤੇ ਜਾ ਰਹੇ ਹਨ ਜੋ ਆੜਤੀਆਂ ਰਾਹੀਂ ਕਿਸਾਨਾਂ ਤੱਕ ਪਹੁੰਚਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਣਕ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਸਮੇਤ ਸਾਰੇ ਜ਼ਰੂਰੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਫਿਲਹਾਲ ਇਥੇ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿੱਚ ਸਿਰਫ ਸੁੱਕੀ ਕਣਕ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਵੱਧ ਸਮਾਂ ਨਾ ਬੈਠਣਾ ਪਵੇ।
ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਖਰੀਦ ਪ੍ਰਬੰਧਾਂ ਤੋਂ ਇਲਾਵਾ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੰਡੀਆਂ ਵਿੱਚ ਜਿਥੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਉਥੇ ਮੰਡੀਆਂ ਵਿੱਚ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਤੇ ਸੈਨੇਟਾਈਜਰ, ਕੀਟਾਣੂ ਮੁਕਤ ਛਿੜਕਾਅ ਨੂੰ ਲਗਾਤਾਰ ਯਕੀਨੀ ਬਣਾਇਆ ਜਾ ਰਿਹਾ ਹੈ।