ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਤੇਜ਼ੀ ਨਾਲ ਬਣਾਏ ਜਾਣ: ਵਧੀਕ ਡਿਪਟੀ ਕਮਿਸ਼ਨਰ
*ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ’ਚੋਂ ਲਾਭਪਾਤਰੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਲੈ ਸਕਦਾ ਹੈ ਸਹੂਲਤ: ਅਨਮੋਲ ਸਿੰਘ ਧਾਲੀਵਾਲ
ਸੰਗਰੂਰ, 16 ਫਰਵਰੀ:
ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ. ਅਨਮੋਲ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਫਾਰਮ ਭਰਨ ਤੋਂ ਲੈ ਕੇ ਕਾਰਡ ਬਣਾਉਣ ਤੱਕ ਉਨ੍ਹਾਂ ਨੂੰ ਨਿਯਮਤ ਤੌਰ ’ਤੇ ਜਾਗਰੂਕ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਲਈ ਇਹ ਬਹੁਤ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਰਜਿਸਟਰਡ ਪੂਰੇ ਪਰਿਵਾਰ ਦਾ ਸਾਲਾਨਾ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਕਾਰਡ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਜ਼ਰੂਰਤਮੰਦਾਂ ਤੱਕ ਪਹੰੁਚ ਯਕੀਨੀ ਬਣਾਈ ਜਾਵੇ ਅਤੇ ਅਗੇਤੇ ਤੌਰ ’ਤੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ਼ਾਂ ਰਾਹੀਂ ਰਜਿਸਟਰੇਸ਼ਨ ਕਰਵਾ ਸਕਦਾ ਹੈ ਜਿਸ ਤਹਿਤ ਸਮਾਰਟ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣਾ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਛੋਟੇ ਕਿਸਾਨ ਆਪਣਾ ਜੇ ਫਾਰਮ, ਰਾਸ਼ਨ ਕਾਰਡ, ਆਧਾਰ ਕਾਰਡ, ਉਸਾਰੀ ਭਲਾਈ ਬੋਰਡ ਤਹਿਤ ਰਜਿਸਟਰਡ ਮਜ਼ਦੂਰ ਆਪਣਾ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰੇਸ਼ਨ ਕਾਰਡ ਰਾਹੀਂ ਈ-ਕਾਰਡ ਬਣਵਾ ਸਕਦਾ ਹੈ।
ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਪ੍ਰੈਸ ਮਾਨਤਾ ਕਾਰਡ (ਗੁਲਾਬੀ ਕਾਰਡ) ਜਾਂ ਪ੍ਰੈਸ ਸ਼ਨਾਖਤੀ ਕਾਰਡ (ਪੀਲਾ ਕਾਰਡ) ਧਾਰਕ ਪੱਤਰਕਾਰ ਆਪਣੇ ਨੇੜਲੇ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਆਪਣਾ ਈ-ਕਾਰਡ ਬਣਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਏਜੰਸੀ ਸੀ.ਐਸ.ਸੀ. ਅਤੇ ਵੀਡਾਲ ਦੇ ਨੁਮਾਇੰਦਿਆਂ ਵਲੋਂ ਇਹ ਕਾਰਡ ਬਨਾਉਣ ਲਈ 30 ਰੁਪਏ ਫੀਸ ਲੈ ਕੇ ਇਹ ਸਹੂਲਤ ਉਪਲਬੱਧ ਕਰਵਾਈ ਜਾ ਰਹੀ ਹੈ।
ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੀਆਂ ਮਾਰਕਿਟ ਕਮੇਟੀਆਂ ਦੇ ਦਫ਼ਤਰਾਂ ਵਿਚ ਵੀ ਇਹ ਕਾਰਡ ਬਣਾਉਣ ਲਈ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ-ਕਾਰਡ ਬਣਾਉਣ ਵਾਲੀ ਕੰਪਨੀ ਵਲੋਂ ਵੀ ਹੋਰਨਾਂ ਵੱਖ-ਵੱਖ ਥਾਵਾਂ ’ਤੇ ਜਾ ਕੇ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਰਡ ਬਨਾਉਣ ਲਈ www.sha.punjab.gov.in ਰਾਹੀਂ ਯੋਗਤਾ ਜਾਣੀ ਜਾ ਸਕਦੀ ਹੈ।