ਮੰਡੀਆਂ ਵਿੱਚ ਕਰੀਬ 02 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ
ਪਿਛਲੇ ਸਾਲ 02 ਲੱਖ 22 ਹਜ਼ਾਰ ਮੀਟ੍ਰਿਕ ਕਣਕ ਦੀ ਹੋਈ ਸੀ ਆਮਦ
ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ :
ਕਣਕ ਦੇ ਚੱਲ ਰਹੇ ਮੌਜੂਦਾ ਸੀਜ਼ਨ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਸੀਜ਼ਨ ਦੀ ਕਰੀਬ 90 ਫੀਸਦ ਕਣਕ ਆ ਚੁੱਕੀ ਹੈ। ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 02 ਲੱਖ 22 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਤੇ ਇਸ ਸਾਲ ਹੁਣ ਤੱਕ ਕਰੀਬ 02 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 01 ਲੱਖ 98 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਲਈ ਗਈ ਹੈ, ਜੋ ਕਿ 99 ਫ਼ੀਸਦ ਤੋਂ ਵੱਧ ਬਣਦੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਰਹਿੰਦੀ ਕਣਕ ਦਾ ਵੀ ਦਾਣਾ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਕਣਕ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਆ ਰਹੀ ਹੈ, ਉਹ ਫੌਰੀ ਦੂਰ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਨਾਲੋ-ਨਾਲ ਲਿਫ਼ਟਿੰਗ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿਸ਼ੇਸ਼ ਕੈਂਪ ਲਾ ਕੇ ਜਿੱਥੇ ਕੋਰੋਨਾ ਸਬੰਧੀ ਸੈਂਪਲ ਲਏ ਜਾ ਰਹੇ ਹਨ, ਉਥੇ ਕੋਰੋਨਾ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਰਸਾਈਆਂ ਜ਼ਰੂਰੀ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਨਾਉਣ।