Sunday , September 27 2020
Breaking News

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਖ਼ਿਲਾਫ਼ ਅਕਾਲੀਆਂ ਦੀ ਦੂਸ਼ਣਬਾਜ਼ੀ ਹਾਸੋਹੀਣੀ: ਰਾਣਾ ਸੋਢੀ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਖ਼ਿਲਾਫ਼ ਅਕਾਲੀਆਂ ਦੀ ਦੂਸ਼ਣਬਾਜ਼ੀ ਹਾਸੋਹੀਣੀ: ਰਾਣਾ ਸੋਢੀ

 

ਕਿਹਾ; ਸਾਲ 2012 ਤੇ 2016 ਵਿੱਚ ਅਕਾਲੀ ਸਰਕਾਰ ਸਮੇਂ ਵਾਪਰ ਚੁੱਕੀਆਂ ਨੇ ਅਜਿਹੀਆਂ ਘਟਨਾਵਾਂ; ਅਕਾਲੀਆਂ ਦੀ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਰਗੀ

 

ਚੰਡੀਗੜ੍ਹ, 3 ਅਗਸਤ:

 

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਾਲੀ ਕਹਾਵਤ ਵਾਂਗ ਹੈ ਕਿਉਂਕਿ ਅਕਾਲੀਆਂ ਦੇ ਰਾਜ ਦੌਰਾਨ ਸਾਲ 2012 ਤੇ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਤੇ ਬਟਾਲਾ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

 

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਇਨ੍ਹਾਂ ਘਟਨਾਵਾਂ ਵਿੱਚ ਸੈਂਕੜੇ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਬਟਾਲਾ ਘਟਨਾ ਸਬੰਧੀ ਨਾ ਤਾਂ ਕੋਈ ਐਫ.ਆਈ.ਆਰ. ਦਰਜ ਹੋਈ ਸੀ ਅਤੇ ਨਾ ਹੀ ਮੁੱਖ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਡਿਵੀਜ਼ਨਲ ਕਮਿਸ਼ਨਰ ਨੂੰ ਮੈਜਿਸਟਰੇਟੀ ਜਾਂਚ ਕਰਨ ਅਤੇ ਇਕ ਮਹੀਨੇ ਵਿੱਚ ਰਿਪੋਰਟ ਦੇਣ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਦੇ ਸੱਤ ਅਧਿਕਾਰੀਆਂ ਤੇ ਇੰਸਪੈਕਟਰਾਂ ਦੇ ਨਾਲ-ਨਾਲ ਪੰਜਾਬ ਪੁਲੀਸ ਦੇ ਦੋ ਡੀ.ਐਸ.ਪੀਜ਼. ਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਨ ਤੇ ਉਨ੍ਹਾਂ ਖ਼ਿਲਾਫ਼ ਜਾਂਚ ਦਾ ਹੁਕਮ ਦਿੱਤਾ। ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਤੇ ਗੁਰਦਾਸਪੁਰ ਵਿੱਚ 100 ਤੋਂ ਵੱਧ ਜਾਨਾਂ ਗਈਆਂ ਹਨ।

 

ਸਮੁੱਚੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੀ ਜਾ ਰਹੀ ਸੌੜੀ ਸਿਆਸਤ ਨੂੰ ਲੈ ਕੇ ਉਨ੍ਹਾਂ ‘ਤੇ ਧਾਵਾ ਬੋਲਦਿਆਂ ਰਾਣਾ ਸੋਢੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਲੋਕ ਤੁਹਾਡੀ ਅਗਵਾਈ ‘ਤੇ ਭਰੋਸਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਢਹਿ-ਢੇਰੀ ਹੋਣ ਦੇ ਕੰਢੇ ਹੈ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ ਸੰਤਾਨ ਵੱਲੋਂ ਇੱਕ ਸਦੀ ਤੋਂ ਵੱਧ ਪੁਰਾਣੀ ਸਿਆਸੀ ਪਾਰਟੀ ‘ਤੇ ਕਬਜ਼ਾ ਕਰਨ ਦੀ ਬਿਰਤੀ ਅਤੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਤੇ ਦਮ-ਘੁਟਿਆ ਮਹਿਸੂਸ ਕਰ ਰਹੇ ਪਾਰਟੀ ਦੇ ਵੱਡੇ ਅਹੁਦੇਦਾਰ ਤੇ ਭਰੋਸੇਮੰਦ ਪਹਿਲਾਂ ਹੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿਚ ਸ਼ਾਮਲ ਹੋ ਚੁੱਕੇ ਹਨ।

 

ਮੰਤਰੀ ਨੇ ਇਸ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਸਾਰੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਲੋਕ ਗ਼ੈਰ-ਕਾਨੂੰਨੀ ਧੰਦਾ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ।
——

About admin

Check Also

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ …

Leave a Reply

Your email address will not be published. Required fields are marked *

%d bloggers like this: